ਤਾਜਾ ਖਬਰਾਂ
ਫਿਰੋਜ਼ਪੁਰ 24 ਜਨਵਰੀ (ਵਿਸ਼ਵਜੀਤ ਸਿੰਘ ਥਿੰਦ): ਵਿਧਾਨ ਸਭਾ ਚੋਣਾਂ 2022 ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯੂਥ ਅਹਿਮ ਯੋਗਦਾਨ ਪਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਵਜੀਤ ਸਿੰਘ ਲਵਲੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਸ਼ਹਿਰੀ ਨੇ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਰੋਹਿਤ ਵੋਹਰਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆ ਕੀਤਾ। ਇਸ ਦੌਰਾਨ ਲਵਜੀਤ ਸਿੰਘ ਲਵਲੀ ਨੇ ਕਿਹਾ ਕਿ ਕਾਂਗਰਸ ਨੇ 2017 ਵਿਚ ਨੌਜਵਾਨਾਂ ਨਾਲ ਘਰ-ਘਰ ਨੌਕਰੀ ਦੇਣ, ਬੇਰੁਜ਼ਗਾਰੀ ਭੱਤਾ ਦੇਣਾ, 4 ਹਫਤਿਆਂ ਵਿਚ ਨਸ਼ਾ ਖਤਮ ਕਰਨ ਦੇ ਕਈ ਵੱਡੇ ਵਾਅਦੇ ਕੀਤੇ ਸਨ ਪਰ ਕਾਂਗਰਸ ਸਰਕਾਰ ਵੱਲੋਂ 5 ਸਾਲਾਂ ਵਿਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਕਰਕੇ ਨੌਜਵਾਨ ਨੌਕਰੀਆਂ ਲਈ ਥਾਂ-ਥਾਂ ਭਟਕ ਰਹੇ ਹਨ ਅਤੇ ਬੇਰੁਜ਼ਗਾਰੀ ਵਿਚ ਵਾਧਾ ਹੋਇਆ ਹੈ, ਗੁੰਡਾਗਰਦੀ ਦਾ ਰਾਜ ਵਧਿਆ ਹੈ, ਜਿਸ ਕਾਰਨ ਹਰ ਵਰਗ ਕਾਂਗਰਸ ਸਰਕਾਰ ਤੋਂ ਦੁਖੀ ਹੈ, ਖਾਸ ਕਰਕੇ ਨੌਜਵਾਨ ਪੰਜਾਬ ਵਿਚ ਬਦਲਾਅ ਲਿਆਉਣ ਲਈ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਭਾਰੀ ਬਹੁਮਤ ਨਾਲ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੀ ਸਰਕਾਰ ਬਣੇਗੀ, ਜਿਸ ਲਈ ਨੌਜਵਾਨ ਦਿਨ-ਰਾਤ ਮਿਹਨਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਆ 1 ਲੱਖ ਸਰਕਾਰੀ ਨੌਕਰੀਆਂ ਅਤੇ ਨਿੱਜੀ ਖੇਤਰ ਵਿਚ 10 ਲੱਖ ਨੌਕਰੀਆਂ ਉਪਲੱਬਧ ਕਰਵਾਈਆਂ ਜਾਣਗੀਆਂ, ਇਸ ਤੋਂ ਇਲਾਵਾ ਜਨਤਕ ਅਤੇ ਨਿੱਜੀ ਖੇਤਰ ਦੇ ਉਦਯੋਗਾਂ ਵਿਚ ਪੰਜਾਬ ਦੇ ਨੌਜਵਾਨਾਂ ਲਈ 75 ਫੀਸਦੀ ਨੌਕਰੀਆਂ ਦਾ ਰਾਖਵਾਂਕਰਨ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਅਮਰਜੀਤ ਸਿੰਘ ਸੈਦੇ ਕੇ, ਗੁਰਮੇਜ ਸਿੰਘ ਕੋਠੀ ਰਾਏ ਸਾਹਿਬ, ਅਵਤਾਰ ਸਿੰਘ ਕਾਰੀ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
Get all latest content delivered to your email a few times a month.