ਤਾਜਾ ਖਬਰਾਂ
Bolda Punjab
ਚੰਡੀਗੜ, 27 ਅਕਤੂਬਰ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਚੰਡੀਗੜ ਵਿਖੇ ਸੂਬੇ ਦੇ ਸਿਹਤ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਵਿਭਾਗ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਰਗਰਮ ਰਹਿਣ ਅਤੇ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਨੇਪਰੇ ਚਾੜਨ ਲਈ ਕਿਹਾ। ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਕੰਮ ਨੂੰ ਨੇਪਰੇ ਚਾੜਨ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗਲਤੀ ਕਰਨ ਵਾਲੇ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਪੰਜਾਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਉਨਾਂ ਦੇ ਮੈਡੀਕਲ ਉਪਕਰਨਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਨਵੇਂ ਉਪਕਰਨ ਦੀ ਲੋੜ ਜਾਂ ਮੁਰੰਮਤ ਬਾਰੇ ਜਾਣੂ ਕਰਵਾਉਣ ਸਬੰਧੀ ਨਿਰਦੇਸ਼ ਦੇਣ ਕਿਉਂਕਿ ਇਸ ਸਬੰਧੀ ਬਜਟ ਵਿੱਚ ਉਪਬੰਧ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਪੰਜਾਬ ਦੀਆਂ ਸਿਹਤ ਸੰਸਥਾਵਾਂ ਵਿੱਚ ਨਕਾਰਾ/ਵਰਤੋਂ ਵਿੱਚ ਨਾ ਆਉਣ ਵਾਲੇ ਉਪਕਰਨਾਂ ਦਾ ਨਿਪਟਾਰਾ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਤਾਂ ਜੋ ਹਸਪਤਾਲਾਂ ਵਿੱਚ ਥਾਂ ਖਾਲੀ ਹੋ ਸਕੇ। ਸਾਫ਼-ਸਫਾਈ ਸਬੰਧੀ ਮੰਤਰੀ ਨੇ ਹਸਪਤਾਲਾਂ ਵਿੱਚ ਸਾਫ-ਸਫਾਈ ਦੇ ਰੱਖ-ਰਖਾਅ ਲਈ ਠੇਕਿਆਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਹਸਪਤਾਲਾਂ ਦੀ ਬਿਹਤਰ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਖਸਤਾ ਹਾਲਤ ਵਾਲੀਆਂ ਪੁਰਾਣੀਆਂ ਇਮਾਰਤਾਂ ਨੂੰ ਢੁਕਵੀਂ ਪ੍ਰਕਿਰਿਆ ਅਪਣਾਉਂਦਿਆਂ ਢਾਹ ਦਿੱਤਾ ਜਾਵੇ।
ਸ. ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ 25 ਜਨ ਔਸਧੀ ਸਟੋਰ ਪਹਿਲਾਂ ਹੀ ਕਫਾਇਤੀ ਦਰਾਂ ‘ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਕਾਰਜਸ਼ੀਲ ਹਨ ਅਤੇ ਲੋਕਾਂ ਦੀ ਸਹੂਲਤ ਲਈ ਅਜਿਹੇ 14 ਹੋਰ ਸਟੋਰ ਖੋਲਣ ਦੀ ਯੋਜਨਾ ਹੈ।
ਮੰਤਰੀ ਨੇ ਵੱਖ-ਵੱਖ ਮੁਲਾਜਮ ਯੂਨੀਅਨਾਂ ਦੀਆਂ ਸ਼ਿਕਾਇਤਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਉਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਰਮਚਾਰੀਆਂ ਦੇ ਹਿੱਤ ਲਈ ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੀ ਅਦਾਇਗੀ ਸਬੰਧੀ ਕਿਸੇ ਵੀ ਬਕਾਇਆ ਮਾਮਲੇ ਨੂੰ ਨਿਪਟਾਉਣ ਲਈ ਵੀ ਕਿਹਾ।
ਇਸ ਮੀਟਿੰਗ ਵਿੱਚ ਮਿਸਨ ਡਾਇਰੈਕਟਰ ਐੱਨ.ਐੱਚ.ਐੱਮ. ਅਭਿਨਵ ਤਿ੍ਰਖਾ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ, ਡਾਇਰੈਕਟਰ ਹੋਮਿਓਪੈਥੀ, ਡਾਇਰੈਕਟਰ ਆਯੁਰਵੈਦ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ।
Get all latest content delivered to your email a few times a month.