ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 25 ਸਤੰਬਰ- ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਵਿਸ਼ੇਸ਼ ਕਦਮ ਉਠਾਏ ਜਾ ਰਹੇ ਹਨ, ਜਿਸ ਤਹਿਤ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ਼ ਦੀ ਸਾਂਭ ਸੰਭਾਲ ਲਈ ਲੋੜੀਂਦੀਆਂ ਮਸ਼ੀਨਾਂ ਵੀ ਕਿਸਾਨਾਂ ਨੂੰ ਸਬਸਿਡੀ ਉੱਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਜੰਗੀਰ ਸਿੰਘ ਨੇ ਦਿੱਤੀ। ਡਾ: ਜੰਗੀਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਅਣਜਾਣੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ ਜਿਸ ਦੇ ਨਾਲ ਹਵਾ ਅਤੇ ਪਾਣੀ ਪ੍ਰਦੂਸ਼ਿਤ ਹੁੰਦੇ ਹਨ। ਇਸ ਦੇ ਨਾਲ-ਨਾਲ ਮਿੱਟੀ ਵਿੱਚ ਮੌਜੂਦ ਬਹੁਕੀਮਤੀ ਮਿੱਤਰ ਕੀਟ ਅਤੇ ਤੱਤ ਸੜ ਕੇ ਸੁਆਹ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ਼ ਦੀ ਖੇਤਾਂ ਵਿੱਚ ਸਾਂਭ ਸੰਭਾਲ ਕਰਨ ਲਈ ਲੋੜੀਂਦੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਨਾਲ ਰਾਬਤਾ ਕਰਕੇ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਣ ਲਈ ਮਸ਼ੀਨਾਂ ਪ੍ਰਾਪਤ ਕਰ ਸਕਦੇ ਹਨ। ਡਾ: ਜੰਗੀਰ ਸਿੰਘ ਨੇ ਦੱਸਿਆ ਕਿ ਮਸ਼ੀਨਾਂ ਪ੍ਰਾਪਤ ਕਰਨ ਲਈ ਕਿਸਾਨ ਸਹਾਇਕ ਖੇਤੀਬਾੜੀ ਇੰਜੀ: ਸਤਿੰਦਰ ਸਿੰਘ ਮੋਬਾਇਲ ਨੰ: 9478233980 ਅਤੇ ਸ੍ਰੀ ਗੁਰਮੇਜ ਸਿੰਘ ਜੂਨੀਅਰ ਤਕਨੀਸ਼ੀਅਨ ਮੋਬਾਇਲ ਨੰ: 9855183341 ਨਾਲ ਸੰਪਰਕ ਕਰ ਸਕਦੇ ਹਨ।
Get all latest content delivered to your email a few times a month.