ਤਾਜਾ ਖਬਰਾਂ
ਜਲੰਧਰ, 22 ਸਤੰਬਰ : ਥਾਣਾ ਕੈਂਟ ਦੀ ਪੁਲਿਸ ਟੀਮ ਨੇ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜਲੰਧਰ ਕੈਂਟ ਦੇ ਮੁਖੀ ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਟੀਮ ਨੇ ਮੁਲਜ਼ਮ ਨੂੰ ਏਐੱਸਆਈ ਚੈਨ ਸਿੰਘ ਦੀ ਅਗਵਾਈ ਹੇਠ ਦੁਸ਼ਹਿਰਾ ਗਰਾਊਂਡ ਨਜ਼ਦੀਕ ਲੱਗੀ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪੈਦਲ ਆ ਰਿਹਾ ਸੀ ਤਾਂ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਸ਼ੱਕ ਪੈਣ 'ਤੇ ਮੁਲਜ਼ਮ ਨੂੰ ਫੜ ਕੇ ਜਦ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੰਨੀ ਵਾਸੀ ਲਾਲ ਕੁੜਤੀ, ਜਲੰਧਰ ਕੈਂਟ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਮੁਲਜ਼ਮ ਜਲਦੀ ਅਮੀਰ ਹੋਣ ਦੀ ਲਾਲਸਾ ’ਚ ਨਸ਼ਾ ਤਸਕਰੀ ਦਾ ਕੰਮ ਕਰਨ ਲੱਗ ਪਿਆ ਸੀ ਤੇ ਅੱਜ ਵੀ ਉਹ ਇਹ ਹੈਰੋਇਨ ਵੇਚਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਤੇ ਅਗਾਂਹ ਇਸ ਨੇ ਕਿਸ ਨੂੰ ਵੇਚਣੀ ਸੀ।
Get all latest content delivered to your email a few times a month.