ਤਾਜਾ ਖਬਰਾਂ
ਮਹਿਲ ਕਲਾਂ , 3 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਸ਼੍ਰੀ ਟੀ ਬੈਨਿਥ ਤੇ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ.ਹਰਬੰਸ ਸਿੰਘ ਸਿੱਧੂ ਦੇ ਦਿਸ਼ਾ- ਨਿਰਦੇਸ਼ਾਂ, ਅੁਨਸਾਰ ਡਾ. ਹਰਮਨਦੀਪ ਸਿੰਘ ਬਲਾਕ ਖੇਤੀਬਾੜੀ ਅਫਸਰ, ਮਹਿਲ ਕਲਾਂ ਦੀ ਅਗਵਾਈ ਹੇਠ ਅੱਜ ਬਲਾਕ ਮਹਿਲ ਕਲਾਂ ਦੇ ਕਿਸਾਨਾਂ ਨੂੰ ਪਰਾਲੀ/ ਝੋਨੇ ਦੀ ਰਹਿੰਦ- ਖੂੰਹਦ ਦੀ ਸਾਂਭ- ਸੰਭਾਲ ਅਤੇ ਫਸਲਾਂ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਸਮੇਂ ਡਾ.ਹਰਬੰਸ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾਕੇ ਜਾਂ ਤੂੜੀ ਬਣਾਕੇ ਵਪਾਰੀਆਂ ਨੂੰ ਵੇਚ ਸਕਦੇ ਹਨ। ਜੇਕਰ ਅਸੀਂ ਪਿੰਡ ਪੱਧਰ ਤੋਂ ਹੀ ਅੱਗ ਨਾ ਲਗਾਉਣ ਦੇ ਉਪਰਾਲੇ ਸ਼ੁਰੂ ਕਰਾਂਗੇ ਤਾਂ ਹੀ ਸਾਡਾ ਸਾਰਾ ਪੰਜਾਬ ਪ੍ਰਦੂਸ਼ਣ ਮੁੱਕਤ ਹੋ ਸਕੇਗਾ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਸ਼ਿਫ਼ਾਰਸ ਕੀਤੀਆਂ ਕਿਸਮਾਂ ਅਤੇ ਦਵਾਈਆਂ ਦਾ ਸੁਚੱਜਾ ਪ੍ਰਾਯੋਗ ਕੀਤਾ ਜਾਵੇ ਤਾਂ ਜੋ ਕਿਸਾਨ ਦੇ ਖੇਤੀ ਖਰਚੇ ਘੱਟ ਸਕਣ।ਇਸ ਕੈਂਪ ਦੌਰਾਨ ਡਾ. ਹਰਮਨਦੀਪ ਸਿੰਘ ਬਲਾਕ ਖੇਤੀਬਾੜੀ ਅਫਸਰ, ਨੇ ਕਿਸਾਨਾਂ ਨੂੰ ਸਹਿਕਾਰੀ ਸੁਸਾਇਟੀਆਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।
ਇਸ ਕੈਂਪ ਦੌਰਾਨ ਡਾ. ਅਮਨਦੀਪ ਕੌਰ ਜੀ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਕਿਸਾਨਾਂ ਨੁੰ ਕਣਕ ਅਤੇ ਹੋਰ ਹਾੜ੍ਹੀ ਦੀਆਂ ਫਸਲਾਂ ਜਿਵੇ ਕਿ ਸਰੋ੍ਹਂ, ਛੋਲੇ ਆਦਿ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਸਾਂਝੀ ਕੀਤੀ।ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਤੇ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਸਹੀ ਮਿਕਦਾਰ ਵਿੱਚ ਦਵਾਈਆਂ ਅਤੇ ਖਾਦਾਂ ਆਦਿ ਦੀ ਵਰਤੋਂ ਨਾਲ ਖੇਤੀ ਕਰਨ ਦੀ ਸਲਾਹ ਦਿੱਤੀ।
ਇਸ ਮੌਕੇ ਹਰਪਾਲ ਸਿੰਘ, ਖੇਤੀਬਾੜੀ ਸਬ ਇੰਸਪੈਕਟਰ ਮਹਿਲ ਕਲਾਂ ਨੇ ਵਿਭਾਗ ਵੱਲੋਂ ਸੀ.ਆਰ. ਐੱਮ. ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਉੱਪਰ ਪਰਾਲੀ ਸਾਂਭਣ ਵਾਲੀਆਂ ਵੱਖ- ਵੱਖ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ, ਜਿਹਨਾਂ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ।ਉਹਨਾਂ ਕਿਹਾ ਕਿ ਜੇਕਰ ਕਿਸਾਨ ਇੱਕ ਏਕੜ ਵਿੱਚੋਂ ਪੈਦਾ ਹੋਈ ਪਰਾਲੀ ਨੂੰ ਆਪਣੇ ਖੇਤ ਵਿੱਚ ਹੀ ਵਾਹੁੰਦਾ ਹੈ ਤਾਂ ਕਿਸਾਨ ਦਾ ਪ੍ਰਤੀ ਏਕੜ 4000 ਤੋਂ 5000 ਖਰਚਾ ਵੀ ਘੱਟੇਗਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਵੀ ਹੋਵੇਗਾ। ਉਹਨਾਂ ਕਣਕ ਦੇ ਮੁੱਖ ਦੁਸ਼ਮਣ ਗੁੱਲੀ ਡੰਡੇ ਅਤੇ ਉਸਦੀ ਰੋਕਥਾਮ ਲਈ ਸਿਫਾਰਸ਼ ਕੀਤੇ ਗਏ ਨਦੀਨ-ਨਾਸ਼ਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ।ਇਸ ਕੈਂਪ ਵਿੱਚ ਪਿੰਡ ਦੇ ਸਰਪੰਚ ਗੁਰਦੀਪ ਸਿੰਘ ਬਾਬਾ ਨੇ ਸਾਰੇ ਕਿਸਾਨਾਂ ਤੇ ਮਾਹਿਰਾ ਦਾ ਧੰਨਵਾਦ ਕੀਤਾ।ਇਸ ਮੌਕੇ ਉੱਪਰ ਸ੍ਰੀ ਕੁਲਵੀਰ ਸਿੰਘ ਏ.ਟੀ.ਐਮ ਨੇ ਸਟੇਜ ਦਾ ਸੰਚਾਲਣ ਕੀਤਾ ਅਤੇ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਹਨਾਂ ਤੋਂ ਇਲਾਵਾ ਸ੍ਰੀ ਸੁਨੀਲ ਕੁਮਾਰ ਖੇਤੀਬਾੜੀ ਸਬ ਇੰਸਪੈਕਟਰ, ਸ੍ਰੀ ਪਰਮਿੰਦਰ ਸਿੰਘ ਏ.ਐਲ .ਐੱਮ., ਸ੍ਰੀ ਰਣਧੀਰ ਸਿੰਘ ਪ੍ਰਧਾਨ ਸਹਿਕਾਰੀ ਸੁਸਾਇਟੀ, ਸ੍ਰੀ ਕੁਲਦੀਪ ਸਿੰਘ ਬੇਲਦਾਰ ਸ੍ਰੀ ਗੁਣਤਾਰ ਸਿੰਘ ਸੇਵਾਦਾਰ ਤੋਂ ਇਲਾਵਾ ਅਗਾਂਹਵਧੂ ਕਿਸਾਨ ਸ੍ਰੀ ਦਵਿੰਦਰ ਸਿੰਘ, ਅਮਰੀਕ ਸਿੰਘ, ਬਲਵੰਤ ਸਿੰਘ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚਾਇਤ ਮੈਂਬਰ ਅਤੇ ਇਲਾਕੇ ਦੇ ਕਿਸਾਨ ਹਾਜ਼ਰ ਸਨ।
Get all latest content delivered to your email a few times a month.