IMG-LOGO
ਹੋਮ ਪੰਜਾਬ : ਪੰਜਾਬ ਨੂੰ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ...

ਪੰਜਾਬ ਨੂੰ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ

Admin user - Oct 09, 2025 03:00 PM
IMG

ਜਲੰਧਰ, 9 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੋਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ। ਐੱਲਪੀਯੂ ’ਚ ਰੱਖੇ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ‘ਰੋਸ਼ਨ ਪੰਜਾਬ’ ਬਾਰੇ ਕਿਹਾ ਕਿ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਕਦੇ ਇਸ ਅਹਿਮ ਪ੍ਰਾਜੈਕਟ ਬਾਰੇ ਸੁਪਨੇ ’ਚ ਵੀ ਨਹੀਂ ਸੋਚਿਆ ਸੀ ਪਰ ਪੰਜਾਬ ਸਰਕਾਰ ਨੇ ਇਹ ਇਤਿਹਾਸਕ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰ ਨੂੰ ਦੇਸ਼ ’ਚ ਚੌਥੇ ਨੰਬਰ ’ਤੇ ਸਭ ਤੋਂ ਘੱਟ ਦਰਾਂ ’ਤੇ ਬਿਜਲੀ ਮਿਲ ਰਹੀ ਹੈ, ਖੇਤੀਬਾੜੀ ਖੇਤਰ ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ ਤੇ ਹੁਣ ਇਹ ਅਹਿਮ ਪਹਿਲਕਦਮੀ ਕੀਤੀ ਜਾ ਰਹੀ ਹੈ, ਜਿਸ ’ਤੇ ਪਿਛਲੇ 75 ਸਾਲਾਂ ’ਚ ਕੰਮ ਨਹੀਂ ਹੋਇਆ। ਕੇਜਰੀਵਾਲ ਨੇ ਕਿਹਾ ਕਿ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਬਿਜਲੀ ਖੇਤਰ ’ਚ ਸੁਧਾਰ ਲਿਆਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਰਾਹੀਂ ਪੰਜਾਬ ਨੂੰ ਅਗਲੇ ਸਾਲ ਤੱਕ ਨਿਰਵਿਘਨ 24 ਘੰਟੇ ਬਿਜਲੀ ਸਪਲਾਈ ਮਿਲੇਗੀ, ਇਸੇ ਕਰ ਕੇ ਇਸ ਪ੍ਰਾਜੈਕਟ ਦਾ ਨਾਮ ‘ਰੋਸ਼ਨ ਪੰਜਾਬ’ ਰੱਖਿਆ ਗਿਆ ਹੈ। ਕੇਜਰੀਵਾਲ ਨੇ ਇਸ ਪ੍ਰਾਜੈਕਟ ਵਾਸਤੇ ਖ਼ਾਕਾ ਤਿਆਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਨਵੇਂ ਸਬ ਸਟੇਸ਼ਨ ਤੇ ਬਿਜਲੀ ਲਾਈਨਾਂ ਵਿਛਾਈਆਂ ਜਾਣਗੀਆਂ, ਫੀਡਰਾਂ ’ਤੇ ਲੋਡ ਘਟਾਇਆ ਜਾਵੇਗਾ ਤੇ ਹੋਰ ਅਹਿਮ ਕਦਮ ਚੁੱਕੇ ਜਾਣਗੇ। ਇਸ ਨਾਲ ਵੋਲਟੇਜ ਦੇ ਉਤਰਾਅ-ਚੜ੍ਹਾਅ ਦੀ ਸਮੱਸਿਆ ਖ਼ਤਮ ਹੋ ਜਾਵੇਗੀ, ਖ਼ਾਸ ਕਰ ਕੇ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ’ਚ ਬਿਜਲੀ ਸਪਲਾਈ ’ਚ ਵਿਆਪਕ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਵੱਡੇ ਸ਼ਹਿਰਾਂ ’ਚ ਬਿਜਲੀ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਵੀ ਲਾਗੂ ਕੀਤੇ ਗਏ ਹਨ। 13 ਨਗਰ ਨਿਗਮਾਂ ’ਚ ਲੋਅ ਟੈਨਸ਼ਨ (ਐੱਲਟੀ) ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਬਿਜਲੀ ਦੇ ਖੰਭਿਆਂ ਤੋਂ ਬੇਲੋੜੀਆਂ ਤਾਰਾਂ ਹਟਾਈਆਂ ਜਾ ਰਹੀਆਂ ਹਨ, ਹੇਠਾਂ ਲਟਕਦੀਆਂ ਤਾਰਾਂ ਨੂੰ ਉੱਚਾ ਕੀਤਾ ਜਾ ਰਿਹਾ ਹੈ, ਪੁਰਾਣੀਆਂ ਤਾਰਾਂ ਨੂੰ ਬਦਲਿਆ ਜਾ ਰਿਹਾ ਹੈ ਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਮੀਟਰ ਬਕਸੇ ਸੀਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਪਹਿਲਾਂ ਪੱਛਮੀ ਲੁਧਿਆਣਾ ਸਬ-ਡਵੀਜ਼ਨ ’ਚ ਪਾਇਲਟ ਪ੍ਰਾਜੈਕਟ ਵਜੋਂ ਪੇਸ਼ ਕੀਤਾ ਗਿਆ ਸੀ ਤੇ ਇਸ ਦੀ ਕਾਮਯਾਬੀ ਤੋਂ ਬਾਅਦ ਹੁਣ ਇਸ ਨੂੰ ਦੂਜੇ ਸ਼ਹਿਰਾਂ ’ਚ ਲਾਗੂ ਕੀਤਾ ਜਾ ਰਿਹਾ ਹੈ। ਇਹ ਪਹਿਲ ਹੁਣ ਇਨ੍ਹਾਂ ਨਗਰ ਨਿਗਮਾਂ ਦੇ ਅਧੀਨ ਆਉਣ ਵਾਲੇ ਸਾਰੇ 87 ਸਬ-ਡਿਵੀਜ਼ਨਾਂ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੂਨ 2026 ਤੱਕ ਪੂਰੀ ਹੋਣ ਦੀ ਉਮੀਦ ਹੈ।

ਪੰਜਾਬ ਦੇ ਬਿਜਲੀ ਖੇਤਰ ’ਚ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ : ਮਾਨ
 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਨੇਤਾ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਤੇ ਬਿਜਲੀ ਦੇ ਮੁੱਦੇ ਪਾਰਟੀਆਂ ਦੇ ਰਾਜਨੀਤਿਕ ਏਜੰਡੇ ਦਾ ਕੇਂਦਰ ਬਿੰਦੂ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਮੁੱਖ ਖੇਤਰਾਂ ਨੂੰ ਤਵੱਜੋਂ ਨਹੀਂ ਦਿੱਤੀ ਸੀ ਜੋ ਆਮ ਆਦਮੀ ਲਈ ਸਭ ਤੋਂ ਅਹਿਮ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਘਰੇਲੂ, ਉਦਯੋਗਿਕ ਤੇ ਖੇਤੀਬਾੜੀ, ਸਾਰੇ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਵੱਡੇ ਯਤਨਾਂ ਸਦਕਾ 2015 ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਹੈ ਜਿਸ ਕਾਰਨ ਸੂਬੇ ਕੋਲ ਹੁਣ ਵਾਧੂ ਕੋਲਾ ਹੈ।ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਦੇ ਇਨ੍ਹਾਂ ਸੁਧਾਰਾਂ ਨਾਲ ਪੰਜਾਬ, ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਦੇ ਕੁਸ਼ਾਸਨ ਦੌਰਾਨ ਸੂਬੇ ਦੇ ਬਿਜਲੀ ਖੇਤਰ ’ਚ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਬਿਜਲੀ ਖੇਤਰ ’ਚ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਨਵੇਂ ਸੁਧਾਰ ਸੂਬੇ ਵਿੱਚ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚੋਂ ਹਰ ਤਰ੍ਹਾਂ ਦੇ ਹਨੇਰੇ ਨੂੰ ਮਿਟਾ ਕੇ ਰੌਸ਼ਨ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਅਜਿਹੇ ਸਮਾਗਮ ਪਿਛਲੀਆਂ ਸਰਕਾਰਾਂ ਦੌਰਾਨ ਕਦੇ ਨਹੀਂ ਹੁੰਦੇ ਸਨ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਹਨੇਰੇ ’ਚ ਰੱਖਣਾ ਚਾਹੁੰਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਿਛਲੇ ਸਾਢੇ ਤਿੰਨ ਸਾਲਾਂ ’ਚ ਪਿਛਲੀਆਂ ਸਰਕਾਰਾਂ ਦੁਆਰਾ ਪਿਛਲੇ 75 ਸਾਲਾਂ ਵਿਚ ਪੈਦਾ ਕੀਤੀ ਗੰਦਗੀ ਨੂੰ ਸਾਫ਼ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਅਮੀਰ ਤੇ ਰਸੂਖਵਾਨ ਆਗੂਆਂ ਨੇ ਲੋਕਾਂ ਦੇ ਹੱਕ ਹੜੱਪਣ ਜਾਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਲਈ ਸੱਤਾ ਦੀ ਦੁਰਵਰਤੋਂ ਕੀਤੀ ਹੈ, ਉਨ੍ਹਾਂ ਨੂੰ ਕਿਸੇ ਵੀ ਤਰੀਕੇ ਨਾਲ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਹੋਰ ਵੀ ਮੌਜੂਦ ਸਨ। 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.