ਤਾਜਾ ਖਬਰਾਂ
ਤਰਨ ਤਾਰਨ, 04 ਨਵੰਬਰ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਹਰ ਸ਼ੁਕਰਵਾਰ ਡੇਂਗੂ `ਤੇ ਵਾਰ ਮੁਹਿੰਮ ਤਹਿਤ ਸਮੂਹ ਹੈਲਥ ਸੁਪਰਵਾਇਜ਼ਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੌਜੂਦਾ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਚਲਾਈ ਜਾ ਰਹੀ ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ ਮੁਹਿੰਮ ਤਹਿਤ ਇਸ ਹਫਤੇ ਸਿਹਤ ਕਰਮੀਆਂ ਵੱਲੋਂ ਧਾਰਮਿਕ ਸਥਾਨਾਂ, ਸਕੀਮ ਏਰੀਏ, ਭੱਠੇ, ਝੁੱਗੀਆਂ ਚੌਪੜੀਆਂ ਅਤੇ ਨਰਸਰੀਆਂ ਵਿੱਚ ਜਾ ਕੇ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਈ ਗਈ। ਉਹਨਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਏਰੀਏ ਦੇ ਸਕੂਲਾਂ ਵਿੱਚ ਜਾ ਕੇ ਵੀ ਡੇਂਗੂ ਦੇ ਲੱਛਣਾਂ ਅਤੇ ਬਚਾਅ ਬਾਰੇ ਦੱਸਿਆ ਜਾਵੇ ਅਤੇ ਆਮ ਲੋਕਾਂ ਤੱਕ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਦੱਸਿਆ ਸਿਹਤ ਕਰਮੀਆਂ ਵੱਲੋਂ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਫੌਗਿੰਗ ਅਤੇ ਸਪਰੇਅ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਡੇਂਗੂ ਦੇ ਲਾਰਵੇ ਨੂੰ ਤਰੁੰਤ ਨਸ਼ਟ ਕੀਤਾ ਜਾਵੇ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਥਕਾਵਟ ਜਾਂ ਫਿਰ ਸਰੀਰ ਉੱਤੇ ਕਿਸੇ ਤਰ੍ਹਾਂ ਦੇ ਚੁਕੱਤੇ ਨਜ਼ਰ ਆਉਂਦੇ ਹਨ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਆ ਕੇ ਆਪਣਾ ਮੁਆਇਨਾ ਕਰਵਾਏ। ਉਨ੍ਹਾਂ ਨੇ ਕਿਹਾ ਕਿ ਹਰ ਇਕ ਵਿਅਕਤੀ ਆਪਣੇ ਘਰ ਅਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਪ੍ਰਤੀ ਵਿਸ਼ੇਸ਼ ਧਿਆਨ ਦੇਵੇ।
ਜ਼ਿਲ੍ਹਾ ਐਪਿਡਮੋਲੋਜਿਸਟ ਡਾ. ਰਾਘਵ ਗੁਪਤਾ ਅਤੇ ਡਾ. ਅਵਲੀਨ ਕੌਰ ਨੇ ਕਿਹਾ ਕਿ ਲੋਕ ਘਰਾਂ ਦੇ ਵਿੱਚ ਰੱਖੀਆਂ ਫਰਿਜਾਂ ਦੀਆਂ ਟਰੇਆਂ, ਕੂਲਰਾਂ, ਗਮਲਿਆਂ, ਟਾਇਰਾਂ ਦੀ ਰੋਜ਼ਾਨਾ ਜਾਂਚ ਕਰਨ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਇਹਨਾਂ ਵਿੱਚ ਪਾਣੀ ਇਕੱਠਾ ਨਾ ਹੋਵੇ ਅਤੇ ਉਨ੍ਹਾਂ ਬਲਾਕਾਂ ਦੇ ਸਮੂਹ ਹੈਲਥ ਸੁਪਰਵਾਈਜ਼ਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰ `ਤੇ ਸਮੇਂ ਸਿਰ ਰਿਪੋਰਟਾਂ ਭੇਜਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ, ਜ਼ਿਲ੍ਹਾ ਮਾਸ ਮੀਡਿਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਹੈਡਕਵਾਟਰ ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ, ਮਨਦੀਪ ਸਿੰਘ ਮਲੇਰੀਆ ਬਰਾਂਚ ਅਤੇ ਵੱਖ-ਵੱਖ ਬਲਾਕਾਂ ਦੇ ਸਮੂਹ ਹੈਲਥ ਸੁਪਰਵਾਈਜ਼ਰ ਹਾਜ਼ਰ ਸਨ।
Get all latest content delivered to your email a few times a month.