ਤਾਜਾ ਖਬਰਾਂ
boldapunjab.com
ਫਰੀਦਕੋਟ 12 ਜੂਨ ਅੱਜ ਅੰਤਰਰਾਸ਼ਟਰੀ ਬਾਲ ਮਜ਼ਦੂਰੀ ਵਿਰੋਧੀ ਦਿਵਸ ਦੇ ਸਬੰਧ ਵਿਚ ਇਥੋਂ ਦੀ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਸੈਨੇਟ ਹਾਲ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਕੈਬਨਿਟ ਮੰਤਰੀ ਪੰਜਾਬ ਡਾ.ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਐਮ.ਪੀ ਪ੍ਰੋ:ਸਾਧੂ ਸਿੰਘ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀ ਅਰਵਿੰਦਪਾਲ ਸਿੰਘ ਸੰਧੂ, ਐੱਸ.ਐੱਸ.ਪੀ ਮੈਡਮ ਅਵਨੀਤ ਕੌਰ ਸਿੱਧੂ ਸਮੇਤ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।ਇਸ ਤੋਂ ਪਹਿਲਾਂ ਮੁੱਖ ਮਹਿਮਾਨ ਡਾ ਬਲਜੀਤ ਕੌਰ ਜੀ ਨੂੰ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ ।
ਇਸ ਮੌਕੇ ਭੀਖ ਮੰਗਣ ਵਾਲੀਆਂ ਵੱਡੀ ਗਿਣਤੀ ਵਿਚ ਔਰਤਾਂ ਨੂੰ ਕਿੱਤਾਮੁਖੀ ਕੋਰਸ ਕਰਵਾ ਕੇ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਪ੍ਰੋਜੈਕਟ ਦੀ ਸ਼ੁਰੂਆਤ ਵੀ ਕੀਤੀ ਗਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਮਜ਼ਦੂਰੀ ਪੰਜਾਬ ਹੀ ਨਹੀਂ, ਨਾ ਕੇਵਲ ਦੇਸ਼ ਬਲਕਿ ਪੂਰੇ ਵਿਸ਼ਵ ਲਈ ਇਕ ਵੱਡੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਵਿਕਾਸਸ਼ੀਲ ਦੇਸ਼ਾਂ ਤੋਂ ਇਲਾਵਾ ਵਿਕਸਿਤ ਦੇਸ਼ਾਂ ਵਿੱਚ ਵੀ ਇਹ ਸਮਾਜਿਕ ਅਲਾਮਤ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਬਾਲ ਮਜ਼ਦੂਰੀ ਜਾਂ ਭੀਖ ਮੰਗਣ ਨੂੰ ਰੋਕਣ ਲਈ ਸਾਰੇ ਵਰਗਾਂ ਦੇ ਸੁਹਿਰਦ ਅਤੇ ਸਾਂਝੇ ਯਤਨਾਂ ਦੀ ਲੋੜ ਹੈ ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸਰਕਾਰ ਵੱਲੋਂ ਵੱਡੀ ਪੱਧਰ ਤੇ ਕਾਨੂੰਨ ਬਣਾਏ ਗਏ ਹਨ ਤੇ ਵੱਖ ਵੱਖ ਸੰਸਥਾਵਾਂ ਵੀ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵੱਡੀ ਪੱਧਰ ਤੇ ਕੰਮ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਚਾਈਲਡ ਲੇਬਰ ਐਂਡ ਪ੍ਰੋਹੀਬੀਸ਼ਨ ਐਕਟ , 1986 ਅਧੀਨ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਮਜਦੂਰੀ ਕਰਵਾਉਣਾ ਕਾਨੂੰਨੀ ਅਪਰਾਧ ਹੈ । ਜੇਕਰ ਕੋਈ ਵਿਅਕਤੀ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਬਾਲ ਮਜਦੂਰੀ ਕਰਵਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ 6 ਮਹੀਨੇ ਤੋਂ 2 ਸਾਲ ਤੱਕ ਦੀ ਕੈਦ ਅਤੇ 20,000 ਰੁਪਏ ਤੋਂ 50,000 ਰੁਪਏ ਤੱਕ ਜੁਰਮਾਨਾ ਕਰਨ ਦਾ ਉਪਬੰਧ ਹੈ ।
ਉਨ੍ਹਾਂ ਕਿਹਾ ਕਿ ਭੀਖ ਮੰਗਣ ਵਾਲੇ ਬੱਚਿਆਂ ਨੂੰ ਸਿੱਖਿਆ ਵੱਲ ਤੋਰਨ ਲਈ ਯਤਨ ਕਰਨਾ ਚਾਹੀਦਾ ਹੈ ,ਜਦਕਿ ਉਨ੍ਹਾਂ ਦੇ ਮਾਤਾ ਪਿਤਾ ਨੂੰ ਭੀਖ ਮੰਗਣ ਤੋਂ ਰੋਕਣ ਲਈ ਉਨ੍ਹਾਂ ਨੂੰ ਸਵੈ ਰੁਜ਼ਗਾਰ ਦੇ ਕਾਬਿਲ ਬਣਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਭੀਖ ਮੰਗਣ ਵਾਲੀਆਂ ਔਰਤਾਂ ਨੂੰ ਇਸ ਸਮਾਜਿਕ ਬੁਰਾਈ ਤੋਂ ਨਿਜਾਤ ਦੁਆ ਕੇ ਉਨ੍ਹਾਂ ਨੂੰ ਕਿੱਤਾਮੁਖੀ ਕੋਰਸ ਕਰਵਾਉਣ ਤੇ ਸਵੈ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਸ਼ੁਰੂ ਕੀਤੇ ਗਏ ਪ੍ਰੋਜੈਕਟ ਦੀ ਸਰਹਾਨਾ ਕਰਦਿਆਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਪ੍ਰਾਜੈਕਟ ਨੂੰ ਪੰਜਾਬ ਪੱਧਰ ਤੇ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ ਮੰਗਣ ਤੋਂ ਛੁਡਾ ਕੇ ਉਨ੍ਹਾਂ ਦੀ ਪੜ੍ਹਾਈ ਤੇ ਪੁਨਰਵਾਸ ਲਈ ਵੱਧ ਤੋਂ ਵੱਧ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਿਭਾਗ ਇਸ ਵਿਸ਼ੇ ਤੇ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੀ ਪੂਰੀ ਮਦਦ ਕਰੇਗਾ ਤੇ ਉਹ ਦਿਨ ਦੂਰ ਨਹੀਂ ਜਦ ਪੰਜਾਬ ਵਿੱਚੋਂ ਬਾਲ ਮਜ਼ਦੂਰੀ ਪੂਰੀ ਤਰ੍ਹਾਂ ਖਤਮ ਕੀਤੀ ਜਾਵੇਗੀ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਐਮ.ਪੀ ਪ੍ਰੋ:ਸਾਧੂ ਸਿੰਘ ਨੇ ਕਿਹਾ ਕਿ ਬਾਲ ਮਜ਼ਦੂਰੀ ਸਮਾਜ ਦੇ ਮੱਥੇ ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਗ਼ਰੀਬ ਤੇ ਲੋੜਵੰਦ ਬੱਚਿਆਂ ਨੂੰ ਖੇਡਣ, ਵਧਣ ਫੁੱਲਣ ਅਤੇ ਪੜ੍ਹਨ ਦੇ ਬਰਾਬਰ ਅਵਸਰ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਲੋਕਾਂ ਜੋ ਕਿ ਉਨ੍ਹਾਂ ਦਾ ਸੋਸ਼ਣ ਕਰਦੇ ਹਨ, ਉਨ੍ਹਾਂ ਵਿਰੁੱਧ ਸਖ਼ਤੀ ਵਰਤਣੀ ਚਾਹੀਦੀ ਹੈ ਤੇ ਅਜਿਹੇ ਬੱਚਿਆਂ ਨੂੰ ਭੀਖ ਮੰਗਣ ਵਾਲੇ ਕਿੱਤੇ ਵਿੱਚੋਂ ਕੱਢ ਕੇ ਉਨ੍ਹਾਂ ਨੂੰ ਪੜ੍ਹਾਈ ਵਾਲੇ ਪਾਸੇ ਤੋਰਨਾ ਚਾਹੀਦਾ ਹੈ ।
ਇਸ ਮੌਕੇ ਡਾ.ਪੀ.ਕੇ.ਖਰੇ ਡਾਇਰੈਕਟਰ ਚਾਈਲਡ ਲਾਈਨ ਪੰਜਾਬ ਨੇ ਆਪਣੇ ਸੰਬੋਧਨ ਵਿਚ ਬੱਚਿਆਂ ਦੀ ਮੱਦਦ ਲਈ ਬਣੀ ਚਾਈਲਡ ਲਾਈਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤੇ ਕਿਹਾ ਕਿ 1098 ਹੈਲਪਲਾਈਨ ਤੇ ਕਾਲ ਕਰਕੇ ਉਹ ਸੰਸਥਾ ਤੋਂ ਬੱਚਿਆਂ ਦੇ ਪੁਨਰਵਾਸ ਜਾਂ ਕਿਸੇ ਵੀ ਤਰ੍ਹਾਂ ਦੀ ਮਦਦ ਲੈ ਸਕਦੇ ਹਨ। ਇਸ ਤੋਂ ਇਲਾਵਾ ਵਰਲਡ ਵਿਜ਼ਨ ਸੰਸਥਾ ਦੇ ਸ੍ਰੀ ਮਹਾਨੰਦ ਮੋਸੀ ਨੇ ਵੀ ਸੰਸਥਾ ਵੱਲੋਂ ਸਕੂਲ ਛੱਡ ਚੁੱਕੇ ਬੱਚਿਆਂ ਦੀ ਪਡ਼੍ਹਾਈ ਅਤੇ ਉਨ੍ਹਾਂ ਦੇ ਪੁਨਰਵਾਸ ਵਿੱਚ ਪਾਏ ਗਏ ਯੋਗਦਾਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਇਸ ਮੌਕੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੀਡੀਓ ਪ੍ਰੈਜ਼ੈਂਟੇਸ਼ਨ ਰਾਹੀਂ ਵਿਭਾਗ ਦੀਆਂ ਬੱਚਿਆਂ, ਔਰਤਾਂ ਅਤੇ ਵਿਕਾਸ ਅਤੇ ਭੀਖ ਮੰਗਣ ਦੇ ਕਿਤੇ ਤੋਂ ਛੁਟਕਾਰੇ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਚਾਨਣਾ ਪਾਇਆ।
ਸਹਾਇਕ ਡਾਇਰੈਕਟਰ ਕਿਰਤ ਵਿਭਾਗ ਸ੍ਰੀ ਬਲਜੀਤ ਸਿੰਘ ਨੇ ਕਿਰਤ ਵਿਭਾਗ ਵੱਲੋਂ ਬਾਲ ਮਜ਼ਦੂਰੀ ਦੀ ਰੋਕਥਾਮ, ਵੱਖ ਵੱਖ ਕਾਨੂੰਨਾਂ ,ਸਜ਼ਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਇਸ ਮੌਕੇ ਮੁੱਖ ਮਹਿਮਾਨ ਡਾ.ਬਲਜੀਤ ਕੌਰ ਕੈਬਨਿਟ ਮੰਤਰੀ ਤੇ ਸਮੂਹ ਸਤਿਕਾਰਤ ਸ਼ਖ਼ਸੀਅਤਾਂ ਵੱਲੋਂ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਕਰ ਰਹੀਆਂ 50 ਦੇ ਕਰੀਬ ਖਿਡਾਰਨਾਂ ਨੂੰ ਖੇਡ ਕਿੱਟਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਉਨ੍ਹਾਂ ਵਰਲਡ ਵਿਜ਼ਨ ਵਲੰਟੀਅਰ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਸਮਾਗਮ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸਾਬਕਾ ਐਮ.ਪੀ ਪ੍ਰੋ:ਸਾਧੂ ਸਿੰਘ, ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀ ਅਰਵਿੰਦਪਾਲ ਸਿੰਘ ਸੰਧੂ ਮੈਡਮ ਬੇਅੰਤ ਕੌਰ ਪਤਨੀ ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ,ਐੱਸ.ਐੱਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਏ.ਡੀ.ਸੀ ਸ.ਰਾਜਦੀਪ ਸਿੰਘ ਬਰਾੜ,ਐੱਸ.ਡੀ.ਐੱਮ ਮੈਡਮ ਬਲਜੀਤ ਕੌਰ, ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸ੍ਰੀ ਕਰਨ ਬਰਾੜ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸ੍ਰੀ ਸੁਖਚੈਨ ਸਿੰਘ ਚੰਨੀ ਤਹਿਸੀਲਦਾਰ ਫ਼ਰੀਦਕੋਟ, ਸ੍ਰੀ ਬੀਰੇਂਦਰ ਸਿੰਘ ਧੰਜੂ, ਜ਼ਿਲ੍ਹਾ ਭਲਾਈ ਅਫ਼ਸਰ,ਸ੍ਰੀ ਗੁਰਮੀਤ ਕੜਿਆਲਵੀ ਤਹਿਸੀਲ ਭਲਾਈ ਅਫ਼ਸਰ, , ਸ੍ਰੀ ਅਮਨਦੀਪ ਸਿੰਘ ਸੋਢੀ ਇੰਚਾਰਜ ਡੀ.ਸੀ.ਪੀ.ਯੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Get all latest content delivered to your email a few times a month.